ਸਿੱਧੂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ

ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਖਿਲਾਫ਼ ਸੁਪਰੀਮ ਕੋਰਟ ਵਿੱਚ ਕੇਸ ਦੇ ਮੱਦੇਨਜ਼ਰ ਸੂਬਾਈ ਵਜ਼ਾਰਤ ਤੋਂ ਅਸਤੀਫ਼ਾ ਦੇਣ ਸਬੰਧੀ ਕਿਆਸਅਰਾਈਆਂ ਨੂੰ ਠੱਲ੍ਹ ਪਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਕਿਹਾ ਕਿ ਸਿੱਧੂ ਨੂੰ ਅਹੁਦਾ ਛੱਡਣ ਬਾਰੇ ਕਹਿਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।

ਮੁੱਖ ਮੰਤਰੀ ਨੇ ਕਿਹਾ ਕਿ ਸੜਕ ‘ਤੇ ਝਗੜੇ ਸਬੰਧੀ ਕੇਸ ਵਿੱਚ ਸੁਪਰੀਮ ਕੋਰਟ ਨੇ ਸਾਲ 2007 ਵਿੱਚ ਨਵਜੋਤ ਸਿੰਘ ਸਿੱਧੂ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ ਅਤੇ ਹਾਈ ਕੋਰਟ ਦੇ ਸਜ਼ਾ ਵਾਲੇ ਹੁਕਮਾਂ ਨੂੰ ਚੁਣੌਤੀ ਖ਼ਿਲਾਫ਼ ਸਿੱਧੂ ਦੀ ਪਟੀਸ਼ਨ ‘ਤੇ ਸਿਖ਼ਰਲੀ ਅਦਾਲਤ ਨੇ ਅਜੇ ਫ਼ੈਸਲਾ ਸੁਣਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ 30 ਸਾਲ ਪੁਰਾਣੇ ਕੇਸ ਵਿੱਚ ਸੂਬਾਈ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਮਹਿਜ਼ ਆਪਣਾ ਸਟੈਂਡ ਦੁਹਰਾਏ ਜਾਣ ਦੇ ਆਧਾਰ ‘ਤੇ ਇਸ ਮੰਤਰੀ ਤੋਂ ਅਸਤੀਫ਼ਾ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ, ‘ਸਜ਼ਾ ‘ਤੇ ਰੋਕ ਕਾਰਨ ਸਿੱਧੂ ਨੂੰ ਵਜ਼ਾਰਤ ਵਿੱਚ ਸ਼ਾਮਲ ਕਰਨ ਸਮੇਂ ਨਾ ਤਾਂ ਕੋਈ ਅੜਿੱਕਾ ਸੀ ਤੇ ਨਾ ਹੀ ਹੁਣ ਉਨ੍ਹਾਂ ਦੇ ਵਜ਼ੀਰ ਬਣੇ ਰਹਿਣ ਵਿੱਚ ਕੋਈ ਅੜਚਣ ਹੈ।’

ਸਿੱਧੂ ਤੋਂ ਅਸਤੀਫ਼ਾ ਮੰਗੇ ਜਾਣ ਸਬੰਧੀ ਰਿਪੋਰਟਾਂ ਅਤੇ ਵਿਰੋਧੀ ਧਿਰ ਵੱਲੋਂ ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਉਠਾਏ ਜਾਣ ਦੌਰਾਨ ਮੁੱਖ ਮੰਤਰੀ ਦਾ ਇਹ ਸਪੱਸ਼ਟੀਕਰਨ ਆਇਆ ਹੈ।

ਸਿੱਧੂ ਖ਼ਿਲਾਫ਼ ਇਸ ਕੇਸ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਆਪਣਾ ਸਟੈਂਡ ਨਾ ਬਦਲੇ ਜਾ ਸਕਣ ਵਾਲੀ ਗੱਲ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਮੁੜ ਉਮੀਦ ਜ਼ਾਹਿਰ ਕੀਤੀ ਕਿ ਇਸ ਕੇਸ ਦਾ ਫ਼ੈਸਲਾ ਕਰਨ ਸਮੇਂ ਜੱਜ ਵੱਲੋਂ ਸਿੱਧੂ ਦੇ ਸਮਾਜ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਸ ਮੰਤਰੀ ਦਾ ਜਾਣ-ਬੁੱਝ ਕੇ ਸਮਰਥਨ ਨਾ ਕੀਤੇ ਜਾਣ ਬਾਰੇ ਰਿਪੋਰਟਾਂ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤਕ ਸਰਕਾਰੀ ਵਕੀਲ ਨੂੰ ਇਸ ਕੇਸ ਨਾਲ ਜੁੜੀ ਕੋਈ ਨਵੀਂ ਜਾਣਕਾਰੀ ਨਹੀਂ ਮਿਲਦੀ, ਉਦੋਂ ਤੱਕ ਉਸ ਲਈ ਨਵਾਂ ਪੈਂਤੜਾ ਲੈਣਾ ਕਾਨੂੰਨੀ ਤੌਰ ‘ਤੇ ਸੰਭਵ ਨਹੀਂ ਹੈ।

Leave a Reply

Your email address will not be published. Required fields are marked *